copyright reserved shabadm 2020. Powered by Blogger.

Monday, February 23, 2009

ਗੁਰਪ੍ਰੀਤ ਦੀ ਇਕ ਕਵਿਤਾ

ਗੁਰਪ੍ਰੀਤ ਨਵੀਂ ਪੰਜਾਬੀ ਕਵਿਤਾ ਦਾ ਪ੍ਰਤੀਨਿਧ ਹਸਤਾਖਰ ਹੈ। ਹੁਣ ਤੱਕ ਉਸਦੀਆਂ ਦੋ ਕਾਵਿ ਪੁਸਤਕਾਂ ਸ਼ਬਦਾਂ ਦੀ ਮਰਜ਼ੀ ਅਤੇ ਅਕਾਰਨ ਪਰਕਾਸ਼ਤ ਹੋ ਚੁੱਕੀਆਂ ਹਨ। ਪੇਂਟਿੰਗ ਵਿੱਚ ਗਹਿਰੀ ਰੁਚੀ ਰਖਦੇ ਹਨ।

ਮਾਂ ਬੋਲੀ * ਗੁਰਪ੍ਰੀਤ
ਮਾਂ ਬੋਲੀ
ਮੇਰੇ ਵਿਸ਼ਵਾਸ਼ ਦੀ ਧਰਤ
ਜਿਸ 'ਤੇ ਮੈਂ ਮੜ੍ਹਕ ਨਾਲ ਤੁਰਾਂ
ਉਥੇ ਜਾਵਾਂ
ਜਿਥੇ ਸੁਫਨੇ ਕਹਿਣ
ਮਾਂ ਬੋਲੀ ਆਲ੍ਹਣਾ ਜਗ ਦੀ ਟਹਿਣੀ
ਚੋਗ ਚੁਗਣ ਕਿਤੇ ਵੀ ਜਾਵਾਂ
ਆਥਣ ਵੇਲੇ ਅੰਦਰ ਇਹਦੇ
ਮੁੜ ਆਣ ਸੌਂਵਾਂ
ਮਾਂ ਬੋਲੀ
ਚੁਲ੍ਹੇ ਦੁਆਲੇ ਟੱਬਰ
ਛਟੀਆਂ ਦੀ ਅੱਗ
ਫੁਲਦੀ ਰੋਟੀ
ਛੰਨੇ 'ਚ ਘਿਉ ਸ਼ੱਕਰ ?
ਮਾਂ ਬੋਲੀ
ਸਾਹ ਆਉਂਦੇ ਜਾਂਦੇ
ਮੇਰੇ ਕੋਲ ਪੜ੍ਹਦੇ ਬੱਚਿਆਂ ਦੇ
ਝੱਗੇ ਭਾਵੇਂ ਪਾਟੇ
ਬੈਠਣ ਤੱਪੜ
ਰਾਜੇ ਉਹ ਆਪਣੇ ਆਪ ਦੇ
ਮਾਂ ਬੋਲੀ 'ਚ ਗੱਲ ਜਿਹੜੀ
ਮਾਂ ਨਾਲ ਕਰਾਂ
ਧੁਰ ਅੰਦਰ ਉਤਰਾਂ
ਕਵਿਤਾ ਸੁਣਦਿਆਂ
ਮਾਂ ਬੋਲੀ 'ਚ
ਧੀ ਮੇਰੀ ਸ਼ਰਾਰਤਨ
ਵਾਹ ਵਾਹ ਕਹੇ
ਪੁੱਤ ਲੋਟਣੀਆਂ ਪੁਠੀਆਂ ਲਾਵੇ
ਕਰੇ ਕਲੋਲਾਂ
ਮਾਂ ਬੋਲੀ 'ਚ
ਨਾਲ ਦੀ ਮੇਰੇ
ਕੋਈ ਗੱਲ ਕਹੇ
ਲਾਜਵੰਤੀ ਦੇ ਪੱਤਿਆਂ ਵਾਂਗ ਸੰਙੇ
ਮਾਂ ਬੋਲੀ ਤੋਂ ਬਾਹਰ
ਮੈਂ ਕੁਝ ਵੀ ਨਹੀਂ
ਮਾਂ ਬੋਲੀ 'ਚ ਸਭ ਕੁਝ ।।

2 comments:

हरकीरत ' हीर' said...

ਕਰੇ ਕਲੋਲਾਂ
ਮਾਂ ਬੋਲੀ 'ਚ
ਨਾਲ ਦੀ ਮੇਰੇ
ਕੋਈ ਗੱਲ ਕਹੇ
ਲਾਜਵੰਤੀ ਦੇ ਪੱਤਿਆਂ ਵਾਂਗ ਸੰਙੇ
ਮਾਂ ਬੋਲੀ ਤੋਂ ਬਾਹਰ
ਮੈਂ ਕੁਝ ਵੀ ਨਹੀਂ
ਮਾਂ ਬੋਲੀ 'ਚ ਸਭ ਕੁਝ ।।

gurprit ji bhot sunder rachna likhi hai tusi....Bhot bhot VDHAI...!!

Gurpreet Kaur said...

awesome!
gurpreet ji